ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਵੱਲੋਂ ਭੁੱਲਰ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁਅੱਤਲ DIG ਭੁੱਲਰ ਦੇ ਵਕੀਲ ਨੇ ਅਰਜ਼ੀ ਦਾਇਰ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਗ੍ਰਿਫਤਾਰ ਹੋਏ 60 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸੀਬੀਆਈ ਨੇ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਚਾਰਜਸ਼ੀਟ ਦਾਖਲ ਨਹੀਂ ਕੀਤੀ ਹੈ ਤੇ ਉਸ ਆਧਾਰ ‘ਤੇ ਉਨ੍ਹਾਂ ਨੇ ਭਾਰਤੀ ਨਾਗਰਿਕ ਸੁਰੱਖਿਆ ਧਾਰਾ 187 (2) ਤਹਿਤ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ।
ਭੁੱਲਰ ਵੱਲੋਂ ਪ੍ਰੀ-ਮੈਚਿਊਰ ਜ਼ਮਾਨਤ ਅਰਜ਼ੀ ਦਾਖਲ ਕੀਤੀ ਗਈ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਵੱਡਾ ਫੈਸਲਾ ਲੈਂਦੇ ਹੋਏ ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਦੂਜੇ ਪਾਸੇ ਸੀਬੀਆਈ ਦੇ ਸਰਕਾਰੀ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਬਚਾਅ ਪੱਖ ਨੇ ਗ੍ਰਿਫਤਾਰੀ ਦੇ ਦਿਨ ਗਿਣਦੇ ਸਮੇਂ ਭ੍ਰਿਸ਼ਟਾਚਾਰ ਮਾਮਲੇ ਦੀ ਗ੍ਰਿਫਤਾਰੀ ਦੇ ਦਿਨ ਵੀ ਸ਼ਾਮਲ ਕਰ ਲਏ ਜਦੋਂ ਕਿ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿਚ ਭੁੱਲਰ ਦੀ ਗ੍ਰਿਫਤਾਰੀ ਉਨ੍ਹਾਂ ਦੇ ਫੜੇ ਜਾਣ ਦੇ ਕਾਫੀ ਦਿਨ ਬਾਅਦ ਹੋਈ ਸੀ ਇਸ ਕਰਕੇ ਆਮਦਨ ਤੋਂ ਵਧ ਜਾਇਦਾਦ ਮਾਮਲੇ ਦੀ ਚਾਰਜਸ਼ੀਟ ਦਾਖਲ ਕਰਨ ਲਈ ਕੁਝ ਦਿਨ ਬਾਕੀ ਹੈ।




