Tuesday, November 18, 2025
spot_img

DGP ਗੌਰਵ ਯਾਦਵ ਨੇ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Must read

ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਸ਼੍ਰੀ ਅਨੰਦਪੁਰ ਸਾਹਿਬ ਪੁੱਜੇ, ਜਿੱਥੇ ਉਹਨਾਂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਦਿਸ਼ਾ ਨਿਰਦੇਸ਼ ਦਿੱਤੇ ਗਏ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪੁੱਜਣ ਦੀ ਉਮੀਦ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 8000 ਪੁਲਿਸ ਮੁਲਾਜ਼ਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਕਰਨਗੇ। ਇਸ ਮੌਕੇ 300 ਤੋਂ ਵੱਧ ਸੀਸੀਟੀਵੀ ਕੈਮਰੇ, ਵੱਡੀ ਗਿਣਤੀ ਵਿੱਚ ਡਰੋਨ, ਵਰਦੀਧਾਰੀ ਤੇ ਸਿਵਲ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਸ੍ਰੀ ਅਨੰਦਪੁਰ ਸਾਹਿਬ ਦੇ ਚੱਪੇ ਚੱਪੇ ’ਤੇ ਬਾਜ ਅੱਖ ਰੱਖਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸੰਬੰਧੀ ਕੋਈ ਖਾਸ ਤੌਰ ’ਤੇ ਥਰੈਟ ਪਰਸੈਪਸ਼ਨ ਨਹੀਂ ਹੈ ਪ੍ਰੰਤੂ ਅਜਿਹੇ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੁੱਜਣਾ ਹੁੰਦਾ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਤੇ ਹਰ ਤਰ੍ਹਾਂ ਦੀ ਸਥਿਤੀ ਨੂੰ ਨਜਿੱਠਣ ਦੇ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਵਿਵਸਥਾ, ਸ਼ਟਲ ਬੱਸ ਸਰਵਿਸ, ਐਂਬੂਲੈਂਸਾਂ ਦੀ ਵਿਵਸਥਾ ਵੀ ਕੀਤੀ ਗਈ ਹੈ ਤਾਂ ਜੋ ਜੇਕਰ ਸਮਾਗਮਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਲੋੜ ਪੈਂਦੀ ਹੈ ਤਾਂ ਹਰ ਹਾਲਾਤ ਦੇ ਨਾਲ ਨਜਿੱਠਿਆ ਜਾ ਸਕੇ।

ਉਹਨਾਂ ਜਾਣਕਾਰੀ ਦਿੱਤੀ ਕਿ ਸਮਾਗਮਾਂ ਦੇ ਦੌਰਾਨ ਪੁਲਿਸ ਦੀ ਕੋਈ ਵੀ ਗੱਡੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਇਰਨ ਨਹੀਂ ਵਜਾਏਗੀ ਤੇ ਆਮ ਸ਼ਰਧਾਲੂਆਂ ਦੀ ਤਰ੍ਹਾਂ ਹੀ ਹਰ ਕੋਈ ਨਤਮਸਤਕ ਹੋਵੇਗਾ। ਉਨ੍ਹਾਂ ਕਿਹਾ ਕਿ ਹੁਲੜਬਾਜ਼ੀ, ਜੇਬ ਕਤਰਿਆਂ ’ਤੇ ਖਾਸ ਨਿਗਰਾਨੀ ਰੱਖੀ ਜਾਵੇਗੀ ਤੇ ਅਜਿਹੇ ਲੋਕਾਂ ਦੇ ਖਿਲਾਫ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ। ਉਹਨਾਂ ਕਿਹਾ ਕਿ ਜਿਹੜਾ ਰੂਪਨਗਰ ਤੋਂ ਬਾਹਰ ਹੀ ਸੁਰੱਖਿਆ ਪ੍ਰਬੰਧ ਇੰਨੇ ਮਜ਼ਬੂਤ ਕੀਤੇ ਜਾਣਗੇ ਕਿ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਕਰਨ ਵਾਲੇ ਜਾਂ ਟ੍ਰੈਫਿਕ ਵਿੱਚ ਵਿਘਨ ਪਾਉਣ ਵਾਲੇ ਲੋਕਾਂ ਨੂੰ ਜ਼ਿਲ੍ਹੇ ਤੋਂ ਬਾਹਰ ਹੀ ਰੋਕ ਲਿਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article