ਕਿਸਾਨ ਅਜੇ ਵੀ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ ਅਤੇ ਆਪਣੀਆਂ ਹੋਰ ਮੰਗਾਂ ਲਈ ਅੰਦੋਲਨ ਕਰ ਰਹੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਅੱਜ ਚੌਥੀ ਗੇੜ ਦੀ ਮੀਟਿੰਗ ਕਰਨਗੇ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਸ਼ੰਭੂ ਬਾਰਡਰ ’ਤੇ ਸਾਡਾ ਛੇਵਾਂ ਦਿਨ ਹੈ ਅਤੇ ਸਰਕਾਰ ਨੇ ਕੁਝ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ ’ਤੇ ਵਿਚਾਰ ਕਰਨਗੇ।
ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਇੰਟਰਨੈੱਟ ਮੁਅੱਤਲੀ ਨੂੰ ਤਿੰਨ ਜ਼ਿਲ੍ਹਿਆਂ ਦੇ 11 ਥਾਣਿਆਂ ਤੋਂ ਵਧਾ ਕੇ ਸੱਤ ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਕਰ ਦਿੱਤਾ ਹੈ। ਨਵਾਂ ਹੁਕਮ 24 ਫਰਵਰੀ ਦੀ ਅੱਧੀ ਰਾਤ ਤੱਕ ਲਾਗੂ ਰਹੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕਰਨ ‘ਤੇ ਇਤਰਾਜ਼ ਜਤਾਇਆ ਸੀ।