ਕਿਸਾਨ ਅੰਦੋਲਨ ਦਾ ਅੱਜ ਐਤਵਾਰ ਯਾਨੀ 18 ਫਰਵਰੀ 2024 ਨੂੰ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ। ਅੱਜ ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ।
ਦੱਸ ਦਈਏ ਕਿ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਇਹ ਚੌਥੀ ਵਾਰਤਾਲਾਪ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਜੇਕਰ ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੇ ਹੱਕ ‘ਚ ਕੋਈ ਫੈਸਲਾ ਨਾ ਹੋਇਆ ਤਾਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਦੱਸ ਦਈਏ ਕਿ ਬੀਤੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਸੀ। ਇਹ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਸੂਤਰਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਅੜੇ ਰਹੇ।