ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ ਅਤੇ ਕਾਲਜ, ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਦੇ ਨਾਲ ਹੀ, ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ।
ਸਰਕਾਰ ਨੇ ਇਸ ਸੰਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਇਸ ਸੜਕ ਦਾ ਨਾਮਕਰਨ ਕਰਨਗੇ।