ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸੁਲਤਾਨਪੁਰ ਲੋਧੀ ‘ਚ ਹੋਈ ਘਟਨਾ ਦਾ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਿਆ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਨਿਹੰਗ ਸਿੰਘ ਅਤੇ ਪੁਲਿਸ ਵਿਚਕਾਰ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵੱਲੋਂ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਪੜਤਾਲੀਆ ਰਿਪੋਰਟ ਨੂੰ ਬਣਾਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਵਿੱਚ ਪੜਤਾਲੀਆ ਟੀਮ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਉਸ ਵੇਲੇ ਗ੍ਰਹਿ ਮੰਤਰੀ ਸਨ ਅਤੇ ਇਹ ਉਹਨਾਂ ਦੀ ਹੀ ਇਜਾਜ਼ਤ ਨਾਲ ਇਹ ਸਾਰਾ ਹਮਲਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਇਸ ਪੜਤਾਲ ਦੇ ਦੌਰਾਨ ਕਈ ਤੱਤ ਸਾਹਮਣੇ ਆਏ ਹਨ । ਜਿਸ ਵਿੱਚ ਇਹ ਸਾਫ ਸਿੱਧ ਹੋ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੀ ਹਮਲੇ ਦੇ ਹੁਕਮ ਦਿੱਤੇ ਗਏ ਸਨ।
ਕਮੇਟੀ ਦੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੱਕ ਪਹੁੰਚਾ ਦਿੱਤੀ ਗਈ ਹੈ ਅਤੇ ਉਹੀ ਇਸ ਉੱਤੇ ਹੁਣ ਕੋਈ ਐਕਸ਼ਨ ਲੈਣਗੇ। ਹੁਣ ਵੇਖਣਾ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਅਤੇ ਉਨਾਂ ਦੇ ਮੰਤਰੀਆਂ ਦੇ ਕੀ ਬਿਆਨ ਸਾਹਮਣੇ ਆਉਂਦੇ ਹਨ।