ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਐਤਵਾਰ ਰਾਤ ਨੂੰ ਰੁਕ-ਰੁਕ ਕੇ ਮੀਂਹ ਪਿਆ। ਮੀਂਹ ਕਾਰਨ ਕਈ ਜ਼ਿਲ੍ਹਿਆਂ ਦੀਆਂ ਸੜਕਾਂ ’ਤੇ ਪਾਣੀ ਭਰ ਗਿਆ ਹੈ। ਇਲਾਕੇ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਖਨਊ ਵਿੱਚ ਵੀ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਮੁਤਾਬਕ ਲਖਨਊ ‘ਚ ਅਗਲੇ 24 ਘੰਟਿਆਂ ਤੱਕ ਮੀਂਹ ਦਾ ਦੌਰ ਜਾਰੀ ਰਹੇਗਾ। ਇਸ ਦੌਰਾਨ ਲਖਨਊ ਦੇ ਡੀਐਮ ਨੇ ਅੱਜ ਯਾਨੀ 11 ਸਤੰਬਰ ਨੂੰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਲਖਨਊ ਦੇ ਡੀਐਮ ਸੂਰਿਆਪਾਲ ਗੰਗਵਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਮੌਸਮ ਵਿਭਾਗ ਨੇ ਪਿਛਲੇ ਕੁਝ ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਖ਼ਰਾਬ ਮੌਸਮ ਦੇ ਮੱਦੇਨਜ਼ਰ ਲਖਨਊ ਸ਼ਹਿਰ ਅਤੇ ਪੇਂਡੂ ਖੇਤਰਾਂ ਦੇ 12ਵੀਂ ਜਮਾਤ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਐਮ ਦੇ ਆਦੇਸ਼ ਦੀ ਇੱਕ ਕਾਪੀ ਜ਼ਿਲ੍ਹਾ ਸਕੂਲ ਇੰਸਪੈਕਟਰ, ਖੇਤਰੀ ਉੱਚ ਸਿੱਖਿਆ ਅਧਿਕਾਰੀ ਅਤੇ ਲਖਨਊ ਦੇ ਜ਼ਿਲ੍ਹਾ ਮੁਢਲੀ ਸਿੱਖਿਆ ਅਧਿਕਾਰੀ ਨੂੰ ਵੀ ਭੇਜੀ ਗਈ ਹੈ।