ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
ਅਰਥ:- ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ)।