ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਹੋਈ ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। CM ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਲ ਬਾਡੀਸ ਵਿਚ 87 ਪੋਸਟਾਂ ਭਰੀਆਂ ਜਾਣਗੀਆਂ। ਸਪੋਰਟਸ ਦੇ ਰੂਲ ਬਾਰੇ ਸਰਬਸਮਤੀ ਨਾਲ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿੱਚ ਪਏ ਰਹਿੰਦੇ ਹਨ। ਕੰਮ ਦਾ ਬੋਝ ਜ਼ਿਆਦਾ ਹੈ। ਅਜਿਹੇ ‘ਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰੱਗ ਲੈਬ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਅਤੇ ਖੇਡ ਵਿਭਾਗ ਵਿੱਚ ਵੀ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।
ਪੀਏਯੂ ਦੇ ਅਧਿਆਪਕਾਂ ਦੀ ਸੋਧੀ ਹੋਈ ਤਨਖ਼ਾਹ ਦੇ ਸਕੇਲ ਇੱਕ ਜਨਵਰੀ 2016 ਤੋਂ ਲਾਗੂ ਹੋਣਗੇ ਅਤੇ ਉਨ੍ਹਾਂ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਹਰ ਸੜਕ ’ਤੇ ਟੋਲ ਪਲਾਜ਼ਾ ਤਾਂ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ‘ਆਪ’ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਆਗੂਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਕਾਨੂੰਨ ਮੁਤਾਬਕ ਜਾਇਦਾਦਾਂ ਨੂੰ ਸੀਲ ਕਰਨ ਤੋਂ ਬਾਅਦ ਇਸ ਪੈਸੇ ਦੀ ਵਰਤੋਂ ਲੋਕ ਹਿੱਤ ਵਿੱਚ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਾਂਗਰਸ ਦੇ ਚੋਣ ਇੰਚਾਰਜ ਵੋਟਾਂ ਲਈ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਮਾਨ ਨੇ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਰਹੀ ਹੈ। ਲੋਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।