ਕਿਸਾਨ ਅੰਦੋਲਨ ਦੇ ਮੱਦੇਨਜ਼ਰ 15 ਫ਼ਰਵਰੀ ਨੂੰ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ। ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਅੱਜ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਹੁਣ ਪੰਜਾਬ ਦੇ 7 ਜ਼ਿਲ੍ਹਿਆਂ ਵਿਚ 24 ਫ਼ਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।