ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ (ਪੰਜਾਬ) ਅਤੇ ਵਿਸਾਵਦਰ (ਗੁਜਰਾਤ) ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਦਾ ਜਸ਼ਨ ਮਨਾਉਂਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਦੋਵਾਂ ਰਾਜਾਂ ਦੇ ਵੋਟਰਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਕੀਤਾ।
ਕੇਜਰੀਵਾਲ ਨੇ ਕਿਹਾ ਕਿ “ਪੰਜਾਬ ਦੀ ਲੁਧਿਆਣਾ ਪੱਛਮੀ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਸਾਰਿਆਂ ਨੂੰ ਬਹੁਤ-ਬਹੁਤ ਵਧਾਈ। ਗੁਜਰਾਤ ਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਵਧਾਈ ਤੇ ਬਹੁਤ-ਬਹੁਤ ਧੰਨਵਾਦ। ਦੋਵਾਂ ਚੋਣਾਂ ਦੇ ਮੁਕਾਬਲੇ ਲਗਭਗ ਦੁੱਗਣੇ ਮਾਰਜਿਨ ਨਾਲ ਜਿੱਤ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਵਿਖਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਤੇ ਉਨ੍ਹਾਂ ਨੇ 2022 ਤੋਂ ਵੀ ਵੱਧ ਵੋਟਾਂ ਦਿੱਤੀਆਂ ਹਨ। ਗੁਜਰਾਤ ਦੀ ਜਨਤਾ ਨੂੰ ਵੀ ਆਮ ਆਦਮੀ ਪਾਰਟੀ ਵਿਚ ਉਮੀਦ ਦਿਖਾਈ ਦੇ ਰਹੀ ਹੈ।
ਜਿੱਤ ਦੇ ਪੈਮਾਨੇ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਅੱਗੇ ਕਿਹਾ, “ਦੋਵਾਂ ਸੀਟਾਂ ‘ਤੇ, ਅਸੀਂ ਪਿਛਲੀਆਂ ਚੋਣਾਂ ਦੇ ਮੁਕਾਬਲੇ ਲਗਭਗ ਦੁੱਗਣੇ ਫਰਕ ਨਾਲ ਜਿੱਤੇ। ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ ਅਤੇ 2022 ਨਾਲੋਂ ਵੀ ਵੱਡੀ ਗਿਣਤੀ ਵਿੱਚ ਸਾਨੂੰ ਵੋਟ ਦਿੱਤੀ ਹੈ।”
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਜਿੱਤ ਲਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।
ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ ‘ਤੇ ਰਹੇ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਹੋਈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਇਸ ਤੋਂ ਬਾਅਦ, ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਗਈ।