ਭਾਰਤ ਦੇ ਮੋਸਟ ਵਾਂਟੇਡ ਲਖਬੀਰ ਸਿੰਘ ਰੋਡੇ (72) ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਉਹ ਸ਼੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾਤਾ ਅਤੇ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੇ ਭਤੀਜੇ ਸਨ। ਰੋਡੇ ਲੰਬੇ ਸਮੇਂ ਤੋਂ ਪਾਕਿਸਤਾਨ ‘ਚ ਰਹਿ ਰਹੇ ਸੀ। 2 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਉਨ੍ਹਾਂ ਦੇ ਭਾਈ ਜਸਬੀਰ ਸਿੰਘ ਰੋਡੇ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਲਖਬੀਰ ਸਿੰਘ ਰੋਡੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਸੀ। ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ। ਭਾਰਤ ਸਰਕਾਰ ਨੇ ਉਸ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਜਿਸ ਤੋਂ ਬਾਅਦ ਉਹ ਪਾਕਿਸਤਾਨ ਭੱਜ ਗਿਆ ਸੀ।