ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਸਮੇਤ ਪੰਜਾਬ ਵਿੱਚ ਤਕਰੀਬਨ 14 ਸਾਲਾਂ ਬਾਅਦ ਮਿੱਟੀ ਦੇ ਤੇਲ ਦਾ ਕੋਟਾ ਇਕ ਵਾਰ ਫਿਰ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਭਰ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਆਉਣ ਵਾਲੇ ਦਿਨਾਂ ਵਿਚ ਮਿੱਟੀ ਦੇ ਤੇਲ ਦਾ ਕੋਟਾ ਮਿਲਣਾ ਸ਼ੁਰੂ ਹੋ ਜਾਵੇਗਾ। ਆਲ ਇੰਡੀਆ ਫੇਅਰ ਪ੍ਰਾਈਸ ਡੀਲਰ ਫੈਡਰੇਸ਼ਨ ਯੂਨੀਅਨ ਦੇ ਰਾਸ਼ਟਰੀ ਸੰਯੁਕਤ ਸਕੱਤਰ ਕਰਮਜੀਤ ਸਿੰਘ ਅੜੈਚਾ ਨੇ ਦੱਸਿਆ ਕਿ ਪੰਜਾਬ ਵਿਚ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਸੂਬੇ ਦੇ ਲੋਕਾਂ ਨੂੰ ਐੱਲ.ਪੀ.ਜੀ. ਗੈਸ ਸਿਲੰਡਰ ਦੀ ਸਹੂਲਤ ਮਿਲਣ ਕਾਰਨ ਮਿੱਟੀ ਦੇ ਤੇਲ ਦੀ ਕੋਈ ਲੋੜ ਨਹੀਂ ਹੈ।
ਇਸ ਸਿਫ਼ਾਰਸ਼ ਕਾਰਨ ਸਾਲ 2012 ਵਿੱਚ ਕੇਂਦਰ ਸਰਕਾਰ ਨੇ ਪੰਜਾਬ ਭਰ ਦੇ ਕਰੀਬ 22,000 ਤੋਂ ਵੱਧ ਰਾਸ਼ਨ ਡਿਪੂਆਂ ਰਾਹੀਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮਿਲਣ ਵਾਲੇ ਮਿੱਟੀ ਦੇ ਤੇਲ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਸੀ ਪਰ ਮੌਜੂਦਾ ਸਮੇਂ ਦੌਰਾਨ ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ।




