ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆ ਰਹੇ ਹਨ। ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆਉਣਗੇ ਅਤੇ ਫੇਰ ਸਿੱਧੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਮਨੀਸ਼ ਸਿਸੋਦੀਆ ਨੂੰ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਦੋ ਹਫ਼ਤੇ ਪਹਿਲਾਂ ਹੀ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਆਗੂ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ ਸਨ। ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਦਿੱਲੀ ਪੁੱਜੇ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਅੱਜ ਉਹ ਦਿੱਲੀ ਤੋਂ ਸਿੱਧਾ ਅੰਮ੍ਰਿਤਸਰ ਪਹੁੰਚ ਰਹੇ ਹਨ।
ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਤੋਂ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ‘ਚ ਜ਼ਮਾਨਤ ਦੇ ਦਿੱਤੀ ਸੀ।
ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਸੋਦੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਵਰਤੋਂ ਕਰਕੇ ਤਾਨਾਸ਼ਾਹੀ ਨੂੰ ਕੁਚਲ ਦਿੱਤਾ। ਕੇਜਰੀਵਾਲ ਵੀ ਜਲਦੀ ਸਾਹਮਣੇ ਆਉਣਗੇ। ਰੱਬ ਦੇ ਘਰ ਵਿੱਚ ਦੇਰ ਹੈ, ਹਨੇਰ ਨਹੀਂ।