ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕੇ।
ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।
ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਐਤਵਾਰ ਨੂੰ ਬਠਿੰਡਾ ਦੇ ਵਿਜੀਲੈਂਸ ਬਿਊਰੋ ਥਾਣੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਰਿਪੋਰਟ ਅਨੁਸਾਰ ਮਨਪ੍ਰੀਤ ਬਾਦਲ ਨੇ 2018 ਤੋਂ ਜਦੋਂ ਉਹ ਵਿੱਤ ਮੰਤਰੀ ਸੀ, ਉਦੋਂ ਤੋਂ ਬਠਿੰਡਾ ਦੇ ਮਾਡਲ ਟਾਊਨ ਵਿੱਚ 2 ਪਲਾਟ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਪੁੱਡਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਇਨ੍ਹਾਂ ਪਲਾਟਾਂ ਦੀ ਜਾਅਲੀ ਬੋਲੀ ਕਰਵਾਈ ਗਈ। ਬੋਲੀ ਦੌਰਾਨ ਉਨ੍ਹਾਂ ਦੇ ਨਕਸ਼ੇ ਅਪਲੋਡ ਨਹੀਂ ਕੀਤੇ ਗਏ ਸਨ, ਜਿਸ ਕਾਰਨ ਕਿਸੇ ਨੂੰ ਟਿਕਾਣੇ ਦਾ ਪਤਾ ਨਹੀਂ ਲੱਗ ਸਕਦਾ ਸੀ। ਜਦੋਂ ਕਿ ਰਿਹਾਇਸ਼ੀ ਪਲਾਟ ਕਮਰਸ਼ੀਅਲ ਦਿਖਾਇਆ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਿਸੇ ਨੇ ਨਹੀਂ ਖਰੀਦਿਆ।
ਇਸ ਤੋਂ ਬਾਅਦ ਦੁਬਾਰਾ ਬੋਲੀ ਲਗਾਈ ਗਈ। ਜਿਸ ਵਿੱਚ ਮਨਪ੍ਰੀਤ ਦੇ ਕਰੀਬੀ ਵਿਕਾਸ ਅਰੋੜਾ ਅਤੇ ਰਾਜੀਵ ਕੁਮਾਰ ਨੇ ਇਹ ਪਲਾਟ ਖਰੀਦਿਆ ਸੀ। ਸਸਤੇ ਭਾਅ ‘ਤੇ ਪਲਾਟ ਖਰੀਦਣ ਤੋਂ ਬਾਅਦ ਦੋਵਾਂ ਨੇ ਮਨਪ੍ਰੀਤ ਬਾਦਲ ਨੂੰ ਪਲਾਟ ਵੇਚ ਦਿੱਤਾ। ਦੋ ਪਲਾਟ ਸਸਤੇ ਭਾਅ ਵਿਕਣ ਕਾਰਨ ਸਰਕਾਰ ਨੂੰ 68 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਪੂਰੀ ਵਿਉਂਤਬੰਦੀ ਤਹਿਤ ਮਨਪ੍ਰੀਤ ਬਾਦਲ ਨੂੰ ਇਹ ਪਲਾਟ ਅਲਾਟ ਕਰਵਾਉਣ ਲਈ ਪੂਰੀ ਸਾਜ਼ਿਸ਼ ਰਚੀ ਗਈ ਸੀ।