ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਬਣਾਈ ਜਾਵੇਗੀ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਜਾ ਰਿਹਾ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਗਠਨ ਦੇ ਚਾਰ ਸਾਲ ਪੂਰੇ ਹੋਣ ’ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਹੋਰ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਬਣਾਉਣ ਦੀ ਗੱਲ ਕੀਤੀ । ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਜਿਸਨੂੰ 92 ਦੇ ਕਰੀਬ ਵਿਧਾਇਕ ਪੰਜਾਬ ਦੇ ਲੋਕਾਂ ਨੇ ਦਿੱਤੇ ਸਨ। ਪੰਜਾਬ ਨੂੰ ਇੱਕ ਖੇਤਰੀ ਪਾਰਟੀ ਦੀ ਜ਼ਰੂਰਤ ਹੈ। ਉਹਨਾਂ ਨੇ ਕਿਹਾ ਕਿ ਹਾਲੇ ਤੱਕ ਪਾਰਟੀ ਦਾ ਨਾਮ ਨਹੀਂ ਵਿਚਾਰਿਆ ਗਿਆ ਪਰ ਜਲਦ ਹੀ ਪਾਰਟੀ ਦਾ ਨਾਂ ਅਸੀਂ ਜੱਗ ਜਾਹਰ ਕਰਾਂਗੇ।