ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਬੰਦੀ ਸਿੰਘ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਾਰੇ ਫੈਸਲਾ ਕਰਨ ਲਈ 15 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ । ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ 15 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਂਦਰ ਨੂੰ ਫੈਸਲਾ ਲੈਣ ਨੂੰ ਕਿਹਾ।
ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਕੇਂਦਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ, “ਮੈਂ ਯਾਦ ਕਰਵਾਉਣਾ ਚਾਹੁੰਦੀ ਹਾਂ ਕੇਂਦਰ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਮੌਕੇ 2019 ‘ਚ ਬੰਦੀ ਸਿੰਘਾਂ ਦੀ ਰਿਹਾਈ ਦਾ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਪਰ ਲਾਗੂ ਨਹੀਂ ਕੀਤਾ। ਮੈਂ ਸੰਸਦ ਵਿੱਚ ਵੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਸਾਡੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਤੋਂ ਵੀ ਵੱਧ ਸਜ਼ਾ ਕੱਟ ਚੁੱਕੇ ਹਨ ਤੇ ਮੈਂ ਕੇਂਦਰ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਅਗਲੇ ਮਹੀਨੇ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਹੈ, ਉਸ ਮੌਕੇ ਕੇਂਦਰ ਸਰਕਾਰ ਆਪਣਾ ਵਾਅਦਾ ਪੂਰਾ ਕਰਦਿਆਂ ਭਾਈ ਬਲਵੰਤ ਸਿੰਘ ਜੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕਰੇ, ਬਾਕੀ ਜਿੰਨੇ ਵੀ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਸਭ ਦੀ ਪੱਕੀ ਰਿਹਾਈ ਕੀਤੀ ਜਾਵੇ।”