Monday, December 23, 2024
spot_img

ਕੌਮੀ ਖੇਡਾਂ ਦੇ 147 ਜੇਤੂਆਂ ਨੂੰ 5.43 ਕਰੋੜ ਦੀ ਰਾਸ਼ੀ ਨਾਲ ਕੀਤਾ ਸਨਮਾਨਿਤ

Must read

ਚੰਡੀਗੜ੍ਹ, 21 ਅਪ੍ਰੈਲ : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਪਹਿਲਾ ਸੂਬਾ ਬਣ ਗਿਆ ਜਿਸ ਨੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਰੂਪ-ਰੇਖਾ ਤਿਆਰ ਕੀਤੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸਾਰੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਾਡੀ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ। ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ’ ਤਹਿਤ ਖਿਡਾਰੀਆਂ ਨੂੰ 16,000 ਰੁਪਏ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਪਹਿਲਾਂ ਮਾਪੇ ਨਹੀਂ ਸੀ ਚਾਹੁੰਦੇ ਕਿ ਉਨ੍ਹਾਂ ਦੇ ਬੱਚੇ ਖੇਡਾਂ ਵਿੱਚ ਹਿੱਸਾ ਲੈਣ ਪਰ ਹੁਣ ਇਹ ਪਹਿਲਕਦਮੀ ਫੈਸਲਾਕੁੰਨ ਬਦਲਾਅ ਲਿਆਏਗੀ ਅਤੇ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਉੱਚ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਸੂਬੇ ਵਿੱਚ ਖੇਡਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਕੋਚ, ਖੁਰਾਕ ਅਤੇ ਹੋਰ ਸਹੂਲਤਾਂ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਛੇਤੀ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਮੈਡਲ ਜਿੱਤਣ ‘ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੀਤੀ ਦਾ ਖਰੜਾ ਸਾਰੇ ਭਾਈਵਾਲਾਂ ਦੀ ਵਿਚਾਰ-ਚਰਚਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਖੇਡਾਂ ਅਤੇ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਵਜੋਂ ਉਭਾਰਨਾ ਹੈ। ਖੇਡਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬੇਰੁਖੀ ਵਾਲੇ ਰਵੱਈਏ ਕਾਰਨ ਖੇਡਾਂ ਵਿੱਚ ਕਈ ਦਿੱਗਜ਼ ਖਿਡਾਰੀ ਪੈਦਾ ਕਰਨ ਵਾਲਾ ਸੂਬਾ ਖੇਡਾਂ ਦੇ ਖੇਤਰ ਵਿੱਚ ਪਛੜ ਗਿਆ। ਹਾਲਾਂਕਿ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ, ਸੂਬਾ ਸਰਕਾਰ ਹੁਣ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ ‘ਤੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਜਲਦੀ ਹੀ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣਾਏ ਜਾਣਗੇ ਤਾਂ ਜੋ ਪੇਂਡੂ ਲੋਕਾਂ ਦੀ ਉੱਭਰਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ ਤਾਂ ਜੋ ਨੌਜਵਾਨ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਸਕਣ।

ਮੁੱਖ ਮੰਤਰੀ ਨੇ ਆਖਿਆ ਕਿ ਸਾਡੇ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ ਅਤੇ ਹੁਣ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦਿੱਤੀ ਜਾਵੇ। ਮਹਾਨ ਖਿਡਾਰੀਆਂ ਤੇ ਉਨ੍ਹਾਂ ਦੀਆਂ ਉਪਲਬਧੀਆਂ ਨਾਲ ਆਪਣੀ ਨਿੱਜੀ ਸਾਂਝ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਖ਼ਾਸ ਤੌਰ ਉਤੇ ਉਸੈਨ ਬੋਲਟ, ਮਾਰਟਿਨਾ ਨਵਰਾਤੀਲੋਵਾ, ਬੋਰਿਸ ਬੇਕਰ, ਮਾਰੀਆ ਸ਼ਾਰਾਪੋਵਾ, ਅਰਜੁਨਾ ਰਾਣਾਤੁੰਗਾ ਤੇ ਹੋਰ ਖਿਡਾਰੀਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਖੇਡਾਂ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਦਰਜ ਕੀਤੀਆਂ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਆਪਣੀ ਵੱਖਰੀ ਥਾਂ ਬਣਾਉਣ ਲਈ ਇਨ੍ਹਾਂ ਮਹਾਨ ਖਿਡਾਰੀਆਂ ਦੇ ਨਕਸ਼ੇ-ਕਦਮ ਉਤੇ ਚੱਲਣ। ਸਵੈ-ਵਿਸ਼ਵਾਸ, ਮਿਹਨਤ ਤੇ ਸਮਰਪਣ ਨੂੰ ਸਫ਼ਲਤਾ ਦੀ ਕੁੰਜੀ ਦੱਸਦਿਆਂ ਮੁੱਖ ਮੰਤਰੀ ਨੇ ਉੱਭਰਦੇ ਖਿਡਾਰੀਆਂ ਨੂੰ ਹਰੇਕ ਸਥਿਤੀ ਵਿੱਚ ਆਪਣੇ ਅਤੇ ਆਪਣੀ ਕਾਬਲੀਅਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਸਵੈ-ਵਿਸ਼ਵਾਸ ਸਾਰੇ ਅੜਿੱਕਿਆਂ ਨੂੰ ਪਾਰ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਵਿੱਚ ਮਦਦਗਾਰ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੇ ਨੌਜਵਾਨ ਪੰਜਾਬ ਤੇ ਦੇਸ਼ ਲਈ ਤਗਮੇ ਜਿੱਤ ਕੇ ਇਤਿਹਾਸ ਸਿਰਜਣਗੇ।

ਵਿਦਿਆਰਥੀਆਂ ਲਈ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ‘ਸਕੂਲ ਆਫ਼ ਐਮੀਨੈਂਸ’ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਇਹ ਬਹੁਤ ਵੱਡੀ ਪੁਲਾਂਘ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ, ਜਿਸ ਤਹਿਤ ਵਿਸ਼ੇਸ਼ ਤੌਰ ਉਤੇ ਕਰੀਅਰ ਕੌਂਸਲਿੰਗ ਉਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਕੂਲ ਦੇਸ਼ ਭਰ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ਉਤੇ ਨਵੇਂ ਸਟੇਡੀਅਮ ਉਸਾਰਨ ਲਈ ਖੇਡ ਬਜਟ ਵਿੱਚ ਪਹਿਲਾਂ ਹੀ ਵਾਧਾ ਕੀਤਾ ਗਿਆ ਹੈ ਤਾਂ ਕਿ ਪਿੰਡ ਪੱਧਰ ਜਿੱਥੇ ਕੁਦਰਤੀ ਹੁਨਰ ਮੌਜੂਦ ਹੈ, ਵਿੱਚ ਹੁਨਰ ਨੂੰ ਤਰਾਸ਼ਿਆ ਜਾਵੇ, ਜਦੋਂ ਕਿ ਪਹਿਲਾਂ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇ ਕੇ ਖਿਡਾਰੀਆਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਇਆ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਸਿਰੜੀ ਕੋਸ਼ਿਸ਼ਾਂ ਖੇਡਾਂ ਦੇ ਪਿੜ ਵਿੱਚ ਖਿਡਾਰੀਆਂ ਨੂੰ ਪਲੇਟਫਾਰਮ ਮੁਹੱਈਆ ਕਰਵਾ ਕੇ ਨਤੀਜੇ ਸਾਹਮਣੇ ਲਿਆਉਣਗੀਆਂ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਡੰਗ-ਟਪਾਊ ਨੀਤੀਆਂ ਕਾਰਨ ਪੰਜਾਬ ਪੁਲਿਸ ਦੀ ਹਾਕੀ ਟੀਮ, ਜੇ.ਸੀ.ਟੀ. ਫਗਵਾੜਾ ਤੇ ਰੇਲ ਕੋਚ ਫੈਕਟਰੀ ਦੀਆਂ ਫੁਟਬਾਲ ਟੀਮਾਂ ਨੂੰ ਦਹਾਕਿਆਂ ਤੱਕ ਨਜ਼ਰਅੰਦਾਜ਼ ਕਰੀ ਰੱਖਿਆ ਪਰ ਹੁਣ ਸੂਬੇ ਦੀਆਂ ਇਨ੍ਹਾਂ ਮੋਹਰੀ ਟੀਮਾਂ ਨੂੰ ਸੁਰਜੀਤ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ। ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡ ਨੀਤੀ ਨੂੰ ਇਕ ਨਿਵੇਕਲਾ ਦਸਤਾਵੇਜ਼ ਬਣਾਉਣ ਲਈ ਵਿਭਾਗ ਸਖ਼ਤ ਮਿਹਨਤ ਕਰ ਰਿਹਾ ਹੈ, ਜਿਹੜੀ ਖਿਡਾਰੀਆਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਥਲ ਸੈਨਾ, ਜਲ ਸੈਨਾ ਤੇ ਹੋਰ ਸੇਵਾਵਾਂ ਦੇ ਕੌਮੀ ਐਵਾਰਡ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article