ਨਵਾਂਸ਼ਹਿਰ, 27 ਅਗਸਤ 2024:- ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹੇ ਅੰਦਰ ਮਿਤੀ 02.09.2024 ਤੋਂ 10.09.2024 ਤੱਕ ਬਲਾਕ ਪੱਧਰ, ਮਿਤੀ 15.09.2024 ਤੋਂ 22.09.2024 ਤੱਕ ਜ਼ਿਲ੍ਹਾ ਪੱਧਰ ਅਤੇ ਮਿਤੀ 11.10.2024 ਤੋਂ 09.11.2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਅਧਿਕਾਰੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ‘ਤੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ ਆਦਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਸੀਜ਼ਨ-3 ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਵਲੋਂ ਮਿਤੀ 29 ਅਗਸਤ 2024 ਨੂੰ ਜ਼ਿਲ੍ਹਾ ਸੰਗਰੂਰ ਵਿਖੇ ਖੇਡਾਂ ਦਾ ਉਦਘਾਟਨ ਕਰਕੇ ਕੀਤੀ ਜਾਵੇਗੀ ਅਤੇ ਇਹ ਖੇਡਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਤੱਕ ਅਤੇ ਰਾਜ ਪੱਧਰੀ ਟੂਰਨਾਮੈਂਟ 11 ਅਕਤੂਬਰ ਤੋਂ 9 ਨਵੰਬਰ 2023 ਤੱਕ ਹੋਣਗੇ। ਉਨ੍ਹਾਂ ਨੇ ਖੇਡਾਂ ਵਤਨ ਪੰਜਾਬ ਸੀਜ਼ਨ–3 ਤਹਿਤ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਖੇਡਾਂ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਡਿਊਟੀ ਲਗਾਈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ–3 ਵਿੱਚ ਆਉਣ ਵਾਲੇ ਖਿਡਾਰੀਆਂ ਦੀ ਸੁਰੱਖਿਆ ਲਈ ਪੁੱਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਸਿਵਲ ਸਰਜਨ, ਖਿਡਾਰੀਆਂ ਲਈ ਫਸਟ–ਏਡ, ਐਬੁਲੈਂਸ ਅਤੇ ਨਰਸਿੰਗ ਸਟਾਫ਼ ਖੇਡ ਵੈਨਿਊਆਂ ‘ਤੇ ਉਪਲਬੱਧ ਕਰਵਾਉਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਖੇਡ ਗਰਾਊਂਡ ਦੀ ਸਾਫ਼ ਸਫ਼ਾਈ, ਆਰਜ਼ੀ ਪਖਾਨਿਆਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਦੇਸ਼ ਤੇ ਰਾਜ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਦੀ ਖੇਡਾਂ ਵਤਨ ਪੰਜਾਬ ਸੀਜ਼ਨ 3 ਵਿੱਚ eservices punjab.gov.in ਪੋਰਟਲ ਰਾਹੀਂ ਵੱਧ ਤੋਂ ਵੱਧ ਐਂਟਰੀ ਕਰਵਾਉਣਗੇ, ਲੋੜ ਅਨੁਸਾਰ ਡਾਟਾ ਐਂਟਰੀ ਓਪਰੇਟਰ ਅਤੇ ਖੇਡਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੀ.ਟੀ. ਅਤੇ ਡੀ.ਪੀ ਸਟਾਫ ਮੁਹੱਈਆਂ ਕਰਵਾਉਣਗੇ। ਉਨ੍ਹਾਂ ਨੇ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਅਤੇ ਨਹਿਰੂ ਯੁਵਾ ਕੇਂਦਰ ਖੇਡਾਂ ਵਤਨ ਪੰਜਾਬ ਸੀਜ਼ਨ-3 ਨੂੰ ਵਲੰਟੀਅਰਜ਼ ਉਪਲਬੰਧ ਕਰਵਾਉਣ ਦੀ ਹਦਾਇਤ ਕੀਤੀ।