ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਅਗਵਾਈ ਵਾਲੀ ਨਵੀਂ ਐਨਡੀਏ ਸਰਕਾਰ ਦੇ ਗਠਨ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਸਮੇਤ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤਾ ਹੈ। ਇਸ ਨਾਲ 2014 ਤੋਂ 2019 ਤੱਕ ਚੱਲੀ 17ਵੀਂ ਲੋਕ ਸਭਾ ਨੂੰ ਭੰਗ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਮੰਤਰੀ ਮੰਡਲ ਨੂੰ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਅਹੁਦੇ ‘ਤੇ ਬਣੇ ਰਹਿਣ ਦੀ ਬੇਨਤੀ ਕੀਤੀ।
ਦੱਸ ਦੇਈਏ ਕਿ ਇਹ ਫੈਸਲਾ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ, ਜਿਸ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਦਾ ਗਠਨ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਹੁੰ ਚੁੱਕ ਸਮਾਗਮ 8 ਜੂਨ ਨੂੰ ਹੋਣ ਦੀ ਸੰਭਾਵਨਾ ਹੈ।
ਜਦੋਂ ਕਿ ਜੇਡੀਯੂ ਅਤੇ ਟੀਡੀਪੀ ਦੋਵੇਂ ਹੀ ਐਨਡੀਏ ਸਰਕਾਰ ਨੂੰ ਸਮਰਥਨ ਦੇ ਸਕਦੇ ਹਨ। ਅੱਜ ਬਾਅਦ ਵਿੱਚ ਗਠਜੋੜ ਦੀ ਮੀਟਿੰਗ ਦੌਰਾਨ ਦੋਵੇਂ ਪਾਰਟੀਆਂ ਭਾਜਪਾ ਨੂੰ ਸਮਰਥਨ ਦੇ ਰਸਮੀ ਪੱਤਰ ਸੌਂਪਣ ਦੀ ਉਮੀਦ ਹੈ। ਸੂਤਰਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ. ਡੀ. ਏ.) ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਬੈਠਕ 7 ਜੂਨ ਨੂੰ ਰਾਸ਼ਟਰੀ ਰਾਜਧਾਨੀ ‘ਚ ਹੋਵੇਗੀ।