ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ NDA ਦੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ 8 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਸ ਸਮਾਰੋਹ ਲਈ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ।
ਇਨ੍ਹਾਂ ਵਿੱਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਮਾਰੀਸ਼ਸ ਅਤੇ ਭੂਟਾਨ ਦੇ ਨੇਤਾ ਸ਼ਾਮਲ ਹੋਣਗੇ। ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਮੀਡੀਆ ਵਿਭਾਗ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।
ਰਿਪੋਰਟ ਮੁਤਾਬਕ ਰਾਸ਼ਟਰਪਤੀ ਵਿਕਰਮਾਸਿੰਘੇ ਨੇ ਬੁੱਧਵਾਰ ਨੂੰ ਪੀਐਮ ਮੋਦੀ ਨੂੰ ਚੋਣਾਂ ਜਿੱਤਣ ‘ਤੇ ਵਧਾਈ ਦੇਣ ਲਈ ਫੋਨ ਕੀਤਾ ਸੀ। ਇਸ ਕਾਲ ਦੌਰਾਨ ਮੋਦੀ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਜਿਸ ਨੂੰ ਵਿਕਰਮਸਿੰਘੇ ਨੇ ਸਵੀਕਾਰ ਕਰ ਲਿਆ। ਬੰਗਲਾਦੇਸ਼ ਦੇ ਪੀਐਮ ਨਾਲ ਫ਼ੋਨ ‘ਤੇ ਗੱਲਬਾਤ ਦੌਰਾਨ ਮੋਦੀ ਨੇ ਉਨ੍ਹਾਂ ਨੂੰ ਸਮਾਗਮ ਲਈ ਸੱਦਾ ਦਿੱਤਾ ਹੈ।
ਨੇਪਾਲ ਦੇ ਪੀਐਮ ਪ੍ਰਚੰਡ ਨੇ ਵੀ ਪੀਐਮ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ। ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਅੱਜ ਸਹੁੰ ਚੁੱਕ ਸਮਾਗਮ ਲਈ ਹੋਰਨਾਂ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਮੰਗਲਵਾਰ (6 ਜੂਨ) ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਅੱਧੀ ਦੁਨੀਆ ਨੇ ਪੀਐੱਮ ਮੋਦੀ ਨੂੰ ਵਧਾਈ ਦਿੱਤੀ।
ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਪੁਤਿਨ, ਅਮਰੀਕਾ ਦੇ ਰਾਸ਼ਟਰਪਤੀ ਬਿਡੇਨ, ਬ੍ਰਿਟੇਨ ਦੇ ਪੀਐਮ ਸੁਨਕ, ਮਾਲਦੀਵ, ਫਰਾਂਸ ਦੇ ਰਾਸ਼ਟਰਪਤੀ, ਇਜ਼ਰਾਈਲ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸਮੇਤ 70 ਤੋਂ ਵੱਧ ਨੇਤਾ ਸ਼ਾਮਲ ਸਨ। ਸਾਰਿਆਂ ਨੇ ਪੀਐਮ ਮੋਦੀ ਨੂੰ ਉਨ੍ਹਾਂ ਦੇ ਤੀਜੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਭਾਰਤ ਨਾਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੀ ਉਮੀਦ ਪ੍ਰਗਟਾਈ।
ਇਸ ਤੋਂ ਪਹਿਲਾਂ 2014 ਵਿੱਚ ਆਪਣੇ ਪਹਿਲੇ ਸਹੁੰ ਚੁੱਕ ਸਮਾਗਮ ਦੌਰਾਨ ਪੀਐਮ ਮੋਦੀ ਨੇ ਸਾਰਕ ਦੇਸ਼ਾਂ ਦੇ ਆਗੂਆਂ ਨੂੰ ਸੱਦਾ ਦਿੱਤਾ ਸੀ। ਇਸ ਦੇ ਤਹਿਤ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਅਫਗਾਨਿਸਤਾਨ ਦੇ ਰਾਸ਼ਟਰਪਤੀ ਹਾਮਿਦ ਕਰਜ਼ਈ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਸਮਾਰੋਹ ‘ਚ ਸ਼ਿਰਕਤ ਕੀਤੀ।
ਇਨ੍ਹਾਂ ਤੋਂ ਇਲਾਵਾ ਬੰਗਲਾਦੇਸ਼ ਦੇ ਸਦਨ ਦੇ ਸਪੀਕਰ ਸ਼ੇਖ ਹਸੀਨਾ ਦੀ ਥਾਂ ‘ਤੇ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ ਸਨ। ਇਸ ਤੋਂ ਬਾਅਦ ਪੀਐਮ ਮੋਦੀ ਨੇ ਆਪਣੇ ਦੂਜੇ ਕਾਰਜਕਾਲ ਲਈ 2019 ਵਿੱਚ ਆਯੋਜਿਤ ਸਹੁੰ ਚੁੱਕ ਸਮਾਗਮ ਵਿੱਚ ਬਿਮਸਟੇਕ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਸੀ। ਸਮਾਗਮ ਵਿੱਚ ਕਿਰਗਿਸਤਾਨ, ਸ੍ਰੀਲੰਕਾ, ਮਾਰੀਸ਼ਸ, ਨੇਪਾਲ, ਭੂਟਾਨ, ਬੰਗਲਾਦੇਸ਼ ਅਤੇ ਮਿਆਂਮਾਰ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।