ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 9 ਸਤੰਬਰ ਦਿਨ ਮੰਗਲਵਾਰ ਨੂੰ ਗੁਰਦਾਸਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੰਜਾਬ ਆਉਣਗੇ। ਪੀਐੱਮ ਮੋਦੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਪੀੜਤਾਂ ਨਾਲ ਮਿਲਕੇ ਹਲਾਤਾਂ ਦੀ ਸਮੀਖਿਆ ਕਰਨਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਇਹ ਦੌਰਾ ਸਿਰਫ਼ ਡਿਜਾਸਟਰ ਟੂਰਿਜਮ ਬਣ ਕੇ ਨਾ ਰਹਿ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਨਾਲ ਖੜ੍ਹੇ ਹੋਣ ਤੇ 20 ਹਜ਼ਾਰ ਕਰੋੜ ਦਾ ਰਾਹਤ ਪੈਕੇਜ ਜਾਰੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਕਾਇਆ 60 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਨੂੰ ਦਿੱਤੇ ਜਾਣ।