ਦਿ ਸਿਟੀ ਹੈੱਡ ਲਾਈਨਸ
ਨਵਾਂਸ਼ਹਿਰ, 8 ਫਰਵਰੀ : ਸਿਵਲ ਸਰਜਨ ਡਾ ਜਸਪ੍ਰੀਤ ਕੌਰ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ ਨਵੇਂ ਕ੍ਰਿਟੀਕਲ ਕੇਅਰ ਯੂਨਿਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬਹੁ-ਮੰਜਿਲੀ ਇਸ ਯੂਨਿਟ ਵਿੱਚ ਗੰਭੀਰ ਮਰੀਜ਼ਾਂ ਲਈ 50 ਬੈੱਡਾਂ ਦਾ ਪ੍ਰਬੰਧ ਹੋਵੇਗਾ, ਜਿੱਥੇ ਉਨ੍ਹਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਸਾਂਝੇ ਰੂਪ ਵਿੱਚ ਕਹੀ ਨਾਲ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਹੋਰ ਅਧਿਕਾਰੀ ਤੇ ਸਟਾਫ ਮੌਜੂਦ ਸੀ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਯੂਨਿਟ ਦੇ ਨਿਰਮਾਣ ਨਾਲ ਨਵਾਂਸ਼ਹਿਰ ਦੇ ਲੋਕਾਂ ਨੂੰ ਵੱਡਾ ਤੋਹਫਾ ਮਿਲੇਗਾ। ਇਹ ਕ੍ਰਿਟੀਕਲ ਕੇਅਰ ਯੂਨਿਟ ਜ਼ਿਲ੍ਹੇ ਭਰ ਦੇ ਐਡਵਾਂਸ ਮੈਡੀਕਲ ਸੇਵਾਵਾਂ ਦੀ ਲੋੜ ਵਾਲੇ ਗੰਭੀਰ ਮਰੀਜ਼ਾਂ ਦੀ ਜ਼ਰੂਰਤ ਨੂੰ ਪੂਰਾ ਕਰੇਗਾ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਵੇਂ ਕ੍ਰਿਟੀਕਲ ਕੇਅਰ ਯੂਨਿਟ ਦੇ ਤਿਆਰ ਹੋਣ ਤੋਂ ਬਾਅਦ ਸੜਕ ਹਾਦਸਿਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਗੰਭੀਰ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਹ ਕੰਮ ਤਕਰੀਬਨ ਇਕ ਸਾਲ ਵਿਚ ਪੂਰਾ ਹੋਣ ਦੀ ਸੰਭਾਵਨਾ ਹੈ।