ਸੜਕਾਂ ’ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਸਟੰਟ ਕਰਨ ਵਾਲਿਆਂ ਖਿਲਾਫ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੌਕੇ DGP ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSPs ਨੂੰ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੜਕਾਂ ਸਟੰਟ ਕਰਨ ਵਾਲਾ ਕੋਈ ਅਖਾੜਾ ਨਹੀਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਲੋਕ ਜ਼ਿੰਮੇਵਾਰ ਨਾਗਰਿਕ ਬਣ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਸਟੰਟ ਕਰਨ ਨਾਲ ਸੜਕ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਇਸ ਕਾਰਨ ਸਟੰਟ ਕਰਨ ਵਾਲੇ ਨਾ ਸਿਰਫ਼ ਆਪਣੀ ਜਾਨ ਨੂੰ ਖਤਰੇ ‘ਚ ਪਾਉਂਦੇ ਹਨ ਸਗੋਂ ਸੜਕ ‘ਤੇ ਸਫ਼ਰ ਕਰਨ ਵਾਲੇ ਹੋਰ ਲੋਕਾਂ ਦੀ ਜਾਨ ਵੀ ਖਤਰੇ ‘ਚ ਪਾ ਦਿੰਦੇ ਹਨ। ਇਸੇ ਤਰ੍ਹਾਂ ਡੀ.ਜੀ.ਪੀ ਦਫ਼ਤਰ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉੱਚੀ ਆਵਾਜ਼ ਵਿੱਚ ਹਾਰਨਾਂ ਦੀ ਵਰਤੋਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।