- ਕੈਬਨਿਟ ਮੰਤਰੀ ਸੌਂਦ ਨੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ
- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ
- ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ
- ਪਿੰਡ ਕੌੜੀ, ਗੰਢੂਆਂ ਅਤੇ ਦਹਿੜੂ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਨੇ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਿਰਕਤ ਕੀਤੀ
ਖੰਨਾ, ਲੁਧਿਆਣਾ : ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।
ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਕੌੜੀ, ਗੰਢੂਆਂ ਅਤੇ ਦਹਿੜੂ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ।
ਪੰਚਾਇਤ ਮੰਤਰੀ ਸੌਂਦ ਨੇ ਕਿਹਾ ਕਿ ਜੇਕਰ ਹਰੇਕ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ। ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ।
ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। ਉਹਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਉਦਯੋਗ ਮੰਤਰੀ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਸ੍ਰੀ ਅਵਤਾਰ ਸਿੰਘ, ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।