ਖੰਨਾ, ਲੁਧਿਆਣਾ, 1 ਮਈ : ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਕਿਰਤ ਦਿਵਸ ਸਬੰਧੀ ਗੰਗਾ ਐਕਰੋਵੂਲਜ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਉਨ੍ਹਾਂ ਸਮੁੱਚੇ ਕਿਰਤੀਆਂ ਨੂੰ ਕੌਮਾਂਤਰੀ ਕਿਰਤ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਰਤ ਦਿਵਸ ਇੱਕ ਸੰਘਰਸ਼ ਵਿੱਚੋਂ ਨਿਕਲਿਆ ਹੋਇਆ ਦਿਨ ਹੈ। 1886 ‘ਚ ਅਮਰੀਕਾ ਦੇ ਸ਼ਿਕਾਗੋ ਵਿੱਚ ਮਜ਼ਦੂਰਾਂ ਨੇ ਸੰਘਰਸ਼ ਕੀਤਾ ਸੀ ਅਤੇ ਕੰਮ ਦੇ ਘੰਟੇ ਨਿਰਧਾਰਿਤ ਕਰਨ ਲਈ ਬਣਾਏ ਨਿਯਮਾਂ ਲਈ ਇਹ ਸੰਘਰਸ਼ ਬਹੁਤ ਸਹਾਈ ਹੋਇਆ ਸੀ। ਸੌਂਦ ਨੇ ਪੂਰੇ ਸੰਸਾਰ ਅਤੇ ਦੇਸ਼ ਦੇ ਕਾਮਿਆਂ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਕਿਰਤੀਆਂ ਦੀ ਮਿਹਨਤ ਤੋਂ ਬਿਨਾਂ ਕੋਈ ਵੀ ਉਦਯੋਗ ਤੇ ਅਰਥ ਵਿਵਸਥਾ ਕਾਮਯਾਬ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਲਾਭ ਉਠਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵਜੀਫਾ ਸਕੀਮ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਰਤੀ ਵਜੀਫਾ ਸਕੀਮ ਦਾ ਲਾਭ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲੈ ਸਕੇਗਾ।
ਇਸੇ ਤਰ੍ਹਾਂ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਕਿਰਤੀ ਵਿਆਹ ਵਾਲੀ ਧਾਰਮਿਕ ਥਾਂ ਅਤੇ ਵਿਆਹ ਕਰਵਾਉਣ ਵੇਲੇ ਦੀਆਂ ਫੋਟੋਆਂ ਲਗਾ ਦੇ ਸ਼ਗਨ ਸਕੀਮ ਦਾ ਲਾਭ ਲੈ ਸਕਦਾ ਹੈ।
ਕਿਰਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉੱਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੋਈ ਹੈ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਇਸ ਬਾਬਤ ਖਾਸ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਲਾਗੂ ਕਰਨ ਲਈ ਸੰਜੀਦਗੀ ਨਾਲ ਕੰਮ ਨਹੀਂ ਕੀਤਾ।
ਇਸ ਮੌਕੇ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਰਾਜੀਵ ਕੁਮਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਜੁਆਇੰਟ ਡਾਇਰੈਕਟਰ ਨਰਿੰਦਰ ਸਿੰਘ, ਡਿਪਟੀ ਡਾਇਰੈਕਟਰ ਆਫ ਫੈਕਟਰੀਜ਼ ਸੁਖਵਿੰਦਰ ਸਿੰਘ ਭੱਟੀ, ਗੰਗਾ ਐਕਰੋਵੂਲਜ਼ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਰਾਵਿੰਦਰ ਵਰਮਾ, ਪ੍ਰੈਜ਼ੀਡੈਂਟ ਅਮਿਤ ਥਾਪਰ, ਐਗਜ਼ੀਕਿਊਟਿਵ ਡਾਇਰੈਕਟਰ ਅਜੇ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਰਤੀ ਸ਼ਾਮਲ ਸਨ।