ਚੰਡੀਗੜ੍ਹ, 10 ਜਨਵਰੀ 2024 – ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ। ਸੂਬੇ ਭਰ ਵਿੱਚ 4 ਸਮਾਗਮ ਹੋਣਗੇ, ਇਨ੍ਹਾਂ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਪ੍ਰਵਾਸੀ ਭਾਰਤੀ ਮਿਲਣੀ ਦਾ ਪਹਿਲਾ ਸਮਾਗਮ 3 ਫਰਵਰੀ ਨੂੰ ਪਠਾਨਕੋਟ ਤੋਂ ਸ਼ੁਰੂ ਹੋਵੇਗਾ। ਇਸ ਮੀਟਿੰਗ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਪਰਵਾਸੀ ਭਾਰਤੀਆਂ ਲਈ 9 ਫਰਵਰੀ ਨੂੰ ਨਵਾਂਸ਼ਹਿਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ। 16 ਫਰਵਰੀ ਨੂੰ ਸੰਗਰੂਰ, ਪਟਿਆਲਾ, ਬਰਨਾਲਾ, ਫਤਹਿਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਮੀਟਿੰਗ ਸੰਗਰੂਰ ਵਿੱਚ ਕੀਤੀ ਜਾਵੇਗੀ।
ਐਨਆਰਆਈ ਮੀਟਿੰਗ ਦਾ ਅੰਤਿਮ ਸਮਾਗਮ ਫ਼ਿਰੋਜ਼ਪੁਰ ਵਿੱਚ ਹੋਵੇਗਾ। ਇਸ ਵਿੱਚ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹੇ ਸ਼ਾਮਲ ਹੋਣਗੇ। ਸੂਬਾ ਸਰਕਾਰ ਨੇ ਦਸੰਬਰ 2022 ਵਿੱਚ 5 ਐਨਆਰਆਈ ਮਿਲਣੀ ਪ੍ਰੋਗਰਾਮ ਵੀ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਵੱਲੋਂ 605 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਨ.ਆਰ.ਆਈ ਪੁਲਿਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ ਨਿਪਟਾਰਾ 15 ਐਨ.ਆਰ.ਆਈ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਪੱਧਰ ‘ਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।