ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।
ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।
ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।