ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਚੁਣੇ ਗਏ।
ਸੁਖਬੀਰ ਬਾਦਲ ਨੇ ਹਰਜਿੰਦਰ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੀ ਨਿਰਵਘਨ ਸੇਵਾ ਲਈ ਮੁੜ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਰਵਿਘਨ ਸੇਵਾ ਲਈ ਮੁੜ ਪ੍ਰਧਾਨ ਚੁਣੇ ਜਾਣ ‘ਤੇ ਬਹੁਤ ਬਹੁਤ ਮੁਬਾਰਕਾਂ। ਧਾਮੀ ਸਾਬ੍ਹ ਨੂੰ ਕੁਲ ਹਾਜ਼ਰ 136 ਮੈਂਬਰਾਂ ‘ਚੋਂ 117 ਮੈਂਬਰਾਂ ਨੇ ਵੋਟ ਕੀਤੀ ਤੇ ਮੁੜ ਪ੍ਰਧਾਨ ਚੁਣਿਆ । ਮੈਂ ਸਮੂਹ ਮੈਂਬਰ ਸਹਿਬਾਨ ਦਾ ਵੀ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਧਾਮੀ ਜੀ ‘ਤੇ ਵਿਸ਼ਵਾਸ ਪ੍ਰਗਟਾਉਂਦਿਆਂ ਖੁੱਲ੍ਹ ਕੇ ਸਮਰਥਨ ਦਿੱਤਾ ਅਤੇ ਵੱਡੀ ਲੀਡ ਨਾਲ ਜਿਤਾਇਆ।”




