Wednesday, January 22, 2025
spot_img

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਅੱਜ SC ‘ਚ ਹੋਵੇਗੀ ਸੁਣਵਾਈ

Must read

Shambhu border : ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ-ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੀਆਂ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੀ ਗੱਲ ਕਹੀ ਸੀ।

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਸੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ।

Shambhu border opening case hearing in supreme court

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬੁੱਧਵਾਰ ਨੂੰ ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਟਿਆਲਾ ਦੇ ਡੀਸੀ ਸ਼ੋਹਕਤ ਅਹਿਮਦ ਪਰੇ, ਪੰਜਾਬ ਪੁਲਿਸ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡੀਸੀ ਅੰਬਾਲਾ ਪਾਰਥ ਗੁਪਤਾ ਅਤੇ ਐਸਪੀ ਅੰਬਾਲਾ ਸ਼ਾਮਲ ਹੋਏ। ਸੁਰਿੰਦਰ ਸਿੰਘ ਭੌਰੀਆ ਸਮੇਤ ਦੋਵਾਂ ਰਾਜਾਂ ਦੇ ਕਈ ਅਧਿਕਾਰੀ ਮੌਜੂਦ ਸਨ। ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਿਹਾ ਕਿ ਉਹ ਸੜਕ ਜਾਮ ਨਹੀਂ ਕਰ ਰਹੇ। ਇਸ ਰਸਤੇ ਨੂੰ ਹਰਿਆਣਾ ਸਰਕਾਰ ਅਤੇ ਪੁਲਿਸ ਨੇ ਜਾਮ ਕਰ ਦਿੱਤਾ ਹੈ।

ਪਿਛਲੀ ਸੁਣਵਾਈ ‘ਤੇ ਕੇਂਦਰ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਉਹ ਕਮੇਟੀ ਲਈ ਨਾਂ ਦੇਣ ਦੇ ਕਰੀਬ ਹੈ। ਹਾਲਾਂਕਿ ਅਦਾਲਤ ਦਾ ਸਾਫ਼ ਕਹਿਣਾ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਇਹ ਕੰਮ ਅਦਾਲਤ ‘ਤੇ ਵੀ ਛੱਡਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਹੱਲ ਲਈ ਦੋਵਾਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਗਏ ਸਨ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਮੇਟੀ ਲਈ ਨਿਰਪੱਖ ਵਿਅਕਤੀਆਂ ਬਾਰੇ ਸੋਚੋ ਅਤੇ ਤੁਹਾਡੇ ਸੁਝਾਅ ਨਾਲ ਕਿਸਾਨਾਂ ਵਿੱਚ ਵਿਸ਼ਵਾਸ ਵਧੇਗਾ। ਜੱਜ ਮਾਹਰ ਨਹੀਂ ਹਨ, ਪਰ ਖੇਤੀਬਾੜੀ ਪਿਛੋਕੜ ਵਾਲੇ ਕੁਝ ਸਾਬਕਾ ਜੱਜ, ਪ੍ਰਮੁੱਖ ਯੂਨੀਵਰਸਿਟੀਆਂ ਦੇ ਕੁਝ ਪ੍ਰੋਫੈਸਰ, ਖੋਜਕਰਤਾ ਕਮੇਟੀ ਵਿੱਚ ਹੋ ਸਕਦੇ ਹਨ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article