ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।
ਦੱਸ ਦਈਏ ਕਿ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਮਜੀਠੀਆ ਨੂੰ ਸਵਾਲ-ਜਵਾਬ ਦਿੱਤੇ ਗਏ ਸਨ। ਪਹਿਲਾਂ ਮਜੀਠੀਆ ਦੇ 4 ਕਰੀਬੀ ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਬੜੀ ਤੇਜ਼ੀ ਨਾਲ ਕਰ ਰਹੀ ਹੈ।