ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ 18 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਕਿਸਾਨ ਨੇਤਾਵਾਂ ਵਲੋਂ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੰਡੀਆਂ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਾਲੀਆਂ ਝੰਡੀਆਂ ਦਿਖੀਆਂ ਜਾਣਗੀਆਂ ਤੇ ਉਨ੍ਹਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਧਰਨਾ ਲਗਾਇਆ ਜਾ ਰਿਹਾ ਹੈ। ਉਸ ਵਿਚ 1000 ਦੇ ਕਰੀਬ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਸ਼ਾਮਿਲ ਹੋਣਗੇ।ਉਨ੍ਹਾਂ ਐਲਾਨ ਕੀਤਾ ਕਿ ਇਹ ਧਰਨਾ ਖ਼ਰੀਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਵੀ ਕਾਲੇ ਝੰਡੇ ਲਗਾਏ ਜਾਣਗੇ।