ਹੜ੍ਹ ਪੀੜਤਾਂ ਦੀ ਮਦਦ ਲਈ ਕਲਾਕਾਰਾਂ ਦੇ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਮਦਦ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਲਈ ਹਰਾ ਚਾਰਾ ਤੇ ਅਚਾਰ ਦੇ 100 ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋੜਵੰਦਾਂ ਲਈ 50 ਹਜ਼ਾਰ ਕੁਇੰਟਲ ਕਣਕ ਵੀ ਭੇਜੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਸੇਵਾ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਨੂੰ ਤੁਹਾਡੇ ਸਾਥ ਦੀ ਲੋੜ ਹੈ ਤੇ ਇਸ ਔਖੇ ਵੇਲੇ ਹਰ ਸੰਸਥਾ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਮਦਦ ਕਰਨੀ ਚਾਹੀਦੀ ਹੈ। ਪੰਜਾਬ ਜਿਸ ਨੇ ਸਾਰੇ ਦੇਸ਼ ਨੂੰ ਅੰਨ ਦਿੱਤਾ ਹੈ, ਹਰ ਮੁਸ਼ਕਲ ਵਿਚ ਖਾਲਸਾ ਪੰਥ ਪੰਜਾਬੀਆਂ ਨਾਲ ਖੜ੍ਹਦਾ ਰਿਹਾ ਹੈ ਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਜਿੰਨਾ ਵੀ ਕਿਸੇ ਕੋਲ ਹੋ ਸਕੇ, ਯੋਗਦਾਨ ਜ਼ਰੂਰ ਪਾਵੇ।