ਪੰਜਾਬ ‘ਚ ਸ਼ਨੀਵਾਰ ਦਾ ਦਿਨ ਇਸ ਸੀਜ਼ਨ ਦਾ ਸਭ ਤੋਂ ਠੰਡਾ ਰਿਹਾ। ਦਿਨ ਦੇ ਤਾਪਮਾਨ ਵਿੱਚ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਵਿੱਚ ਪਾਰਾ ਆਮ ਨਾਲੋਂ 5.4 ਡਿਗਰੀ ਹੇਠਾਂ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਧੁੰਦ ਅਤੇ ਠੰਢ ਕਾਰਨ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
2 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਬਦਲ ਦਿੱਤਾ ਗਿਆ ਹੈ। ਫਿਲਹਾਲ 10 ਜਨਵਰੀ ਤੱਕ ਸਮਾਂ ਬਦਲਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਜਿਹੇ ਹਾਲਾਤਾਂ ‘ਚ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਦੱਸ ਦਈਏ ਕਿ ਐਤਵਾਰ ਨੂੰ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 1 ਤੋਂ 3 ਜਨਵਰੀ ਤੱਕ ਆਰੇਂਜ ਅਲਰਟ ਜਾਰੀ ਹੈ।