ਬੀਤੇ ਦਿਨੀਂ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਦਰਾਂ ਦਿਨਾਂ ਦੇ ਵਿੱਚ ਆਪਣਾ ਲਿਖਤੀ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਗਿਆ ਹੈ।

ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਭੇਜੀ ਗਈ ਚਿੱਠੀ ‘ਚ ਲਿਖਿਆ ਗਿਆ ਕਿ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜ ਰਹੀਆਂ ਹਨ ਕਿ ਆਪ ਨੇ ਦੱਖਣ ਭਾਰਤ ਵਿਚ ਹੋਏ ਇੱਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ।ਪੁੱਜੀਆਂ ਸ਼ਿਕਾਇਤਾਂ ਅਤੇ ਮੀਡੀਆ ਉੱਤੇ ਵਾਇਰਲ ਹੋਈ ਤੁਹਾਡੀ ਵੀਡੀਓ ਮੁਤਾਬਕ ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ, ਜੋ ਕਿ ਗੁਰਮਤਿ ਅਨੁਸਾਰੀ ਨਹੀਂ ਹੈ।ਇਸ ਸਬੰਧੀ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਆਪ ਨੇ ਇਸ ਸਬੰਧੀ ਆਪਣਾ ਲਿਖਤੀ ਸਪੱਸ਼ਟੀਕਰਨ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣਾ ਹੈ।




