Vaishno Devi pilgrimage resumes after 22-day suspension due to landslide : ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਪਿਛਲੇ ਕੁਝ ਸਮੇਂ ਲਗਾਤਾਰ ਪੈ ਰਹੇ ਭਾਰੀ ਮੀਂਹ ਤੇ ਲੈਂਡਸਲਾਈਡ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਯਾਤਰਾ ‘ਤੇ ਅਸਥਾਈ ਤੌਰ ਤੋਂ ਰੋਕ ਲਗਾ ਦਿੱਤੀ ਗਈ ਸੀ। ਜਿਸ ਨਾਲ ਸ਼ਰਧਾਲੂਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਸੀ।
ਪਰ ਬੋਰਡ ਦੇ ਇਸ ਫੈਸਲੇ ਨਾਲ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੀ ਹੈ, ਜੋ ਪਿਛਲੇ ਕਈ ਦਿਨਾਂ ਤੋਂ ਯਾਤਰਾ ਦੇ ਫਿਰ ਤੋਂ ਸ਼ੁਰੂ ਕਰਨ ਦਾ ਇੰਤਜ਼ਾਰ ਕਰ ਰਹੇ ਸਨ। ਸ਼ਰਾਈਨ ਬੋਰਡ ਨੇ ਤੀਰਥ ਯਾਤਰੀਆਂ ਦੀ ਸੁਰੱਖਿਆ ਨੂੰ ਸਰਵਉੱਚ ਦੱਸਿਆ ਹੈ ਤੇ ਕਿਹਾ ਹੈ ਕਿ ਮੌਸਮ ਵਿਚ ਸੁਧਾਰ ਹੁੰਦੇ ਹੀ ਸਾਰੇ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਲਾਗੂ ਕੀਤਾ ਜਾਵੇਗਾ। ਭਗਤਾਂ ਨੂੰ ਅਪੀਲ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸ਼ਰਾਈਨ ਬੋਰਡ ਦੇ ਅਧਿਕਾਰਕ ਸੰਚਾਰ ਮਾਧਿਅਮਾਂ ਨਾਲ ਨਵੀਂ ਅਪਡੇਟ ਲੈਂਦੇ ਰਹਿਣ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੋਰਡ ਨੇ 14 ਸਤੰਬਰ ਤੋਂ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਲਗਾਤਾਰ ਪੈ ਰਹੇ ਮੀਂਹ ਕਰਕੇ ਇਸ ਨੂੰ ਰੋਕਣਾ ਪਿਆ। 26 ਅਗਸਤ ਨੂੰ ਯਾਤਰਾ ਉਸ ਸਮੇਂ ਰੋਕ ਦਿੱਤੀ ਗਈ ਸੀ ਜਦੋਂ ਰਸਤੇ ਵਿਚ ਲੈਂਡਸਲਾਈਡ ਹੋ ਗਿਆ ਸੀ ਤੇ ਹਾਦਸੇ ਵਿਚ 34 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਤੇ 20 ਤੋਂ ਵੱਧ ਲੋਕ ਜ਼ਖਮੀ ਹੋਏ ਸਨ।