ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਕਾਨੂੰਨਗੋ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਐੱਸਬੀਐੱਸ ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਤੋਂ ਇਕ ਰਿਟਾਇਰ ਕਾਨੂੰਨਗੋ ਸੁਤੰਤਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਸ਼ਿਕਾਇਤ ਹਰਮੇਲ ਸਿੰਘ ਵਾਸੀ ਪਿੰਡ ਛੋਕਰਾ ਤਹਿਸੀਲ ਨਵਾਂਸ਼ਹਿਰ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਐਕਸ਼ਨ ਲਾਈਨ ‘ਤੇ ਆਨਲਾਈਨ ਦਰਜ ਕਰਵਾਈ। ਸ਼ਿਕਾਇਤ ਵਿਚ ਉਸ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਜੱਦੀ ਜ਼ਮੀਨ ਦੀ ਵੰਡ ਨਾਲ ਸਬੰਧਤ ਇਕ ਮਾਮਲੇ ਵਿਚ ਮਦਦ ਕਰਨ ਲਈ ਇਕ ਲੱਖ ਰੁਪਏ ਦੀ ਰਿਸ਼ਵਤ ਲਈ ਹੈ ਤੇ ਹੁਣ ਤਹਿਸੀਲਦਾਰ ਤੇ ਪਟਵਾਰੀ ਦੇ ਨਾਂ ‘ਤੇ 1 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਨਗੋ ਵੱਲੋਂ ਰਿਸ਼ਵਤ ਦੀ ਮੰਗ ਕੀਤੇ ਜਾਣ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ।
ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਜਾਂਚ ਕੀਤੀ ਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ। ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਚ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।