ਚੰਡੀਗੜ, 4 ਅਕਤੂਬਰ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰਕੇ ਇੱਕ ਹੋਰ ਸਫਲਤਾ ਦਰਜ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਆਪਣੀ ਹੱਡਬੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਏ.ਐਸ.ਆਈ. ਨੇ ਨਸ਼ੀਲੇ ਪਦਾਰਥ ਰੱਖਣ ਦੇ ਸ਼ੱਕ ਤਹਿਤ ਉਸਦੇ ਘਰ ਦੀ ਤਲਾਸ਼ੀ ਲਈ ਸੀ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਨਜਾਇਜ਼ ਜਾਂ ਗ਼ੈਰ-ਕਾਨੂੰਨੀ ਪਦਾਰਥ ਬਰਾਮਦ ਨਹੀਂ ਹੋਇਆ ਪਰ, ਇਸ ਦੇ ਬਾਵਜੂਦ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ 7,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਜ਼ੋਰ ਪਾਇਆ। ਧਮਕੀਆਂ ਤੋਂ ਡਰਦਿਆਂ ਅਤੇ ਮਸਲੇ ਨੂੰ ਨਿਪਟਾਉਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਝਿਜਕਦੇ-ਝਿਜਕਦੇ, ਮਜਬੂਰੀਵੱਸ 5,000 ਰੁਪਏ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ।
ਇਹ ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਮੁਢਲੀ ਜਾਂਚ ਕੀਤੀ ਅਤੇ ਉਕਤ ਏਐਸਆਈ ਹਰਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫਆਈਆਰ ਨੰਬਰ 14 ਮਿਤੀ 4 ਅਕਤੂਬਰ 2023 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਿਸ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।