ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਗਿਆਸਪੁਰਾ ਵਿੱਚ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਇੱਕ ਸਾਥੀ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਛਾਪੇਮਾਰੀ ਦੌਰਾਨ ਪਟਵਾਰੀ ਦਫ਼ਤਰ ਛੱਡ ਕੇ ਭੱਜ ਗਿਆ। ਮੁਲਜ਼ਮ ਪਟਵਾਰੀ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੋਹਾੜਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕਰਕੇ ਦੋਸ਼ ਲਾਇਆ ਕਿ ਉਸ ਨੂੰ ਆਪਣੇ ਨਵੇਂ ਖਰੀਦੇ ਪਲਾਟ ਦੇ ਇੰਤਕਾਲ ਅਤੇ ਕਰਜ਼ਾ ਲੈਣ ਲਈ ਫਰਦ ਦੀ ਕਾਪੀ ਦੀ ਲੋੜ ਹੈ। ਜਦੋਂ ਉਹ ਪਟਵਾਰੀ ਅਤੇ ਉਸ ਦੇ ਸਾਥੀ ਤੋਂ ਫਰਦ ਲੈਣ ਗਿਆ ਤਾਂ ਦੋਵਾਂ ਨੇ ਉਸ ਕੋਲੋਂ 6 ਹਜ਼ਾਰ ਰੁਪਏ ਰਿਸ਼ਵਤ ਮੰਗੀ।
ਐਸਐਸਪੀ ਸੰਧੂ ਅਨੁਸਾਰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਯੂਨਿਟ ਲੁਧਿਆਣਾ ਨੇ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ। ਪਟਵਾਰੀ ਚਮਕੌਰ ਸਿੰਘ ਦੇ ਸਾਥੀ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਚਮਕੌਰ ਸਿੰਘ ਖੁਦ ਦਫਤਰ ਛੱਡ ਕੇ ਭੱਜ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।