ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਪੰਜਾਬ ਤੋਂ ਇਲਾਵਾ ਵਿਜੀਲੈਂਸ ਦੀਆਂ ਟੀਮਾਂ ਹਿਮਾਚਲ, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਹਾਲ ਹੀ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਹੁਣ ਵਿਜੀਲੈਂਸ ਦੀਆਂ ਟੀਮਾਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ਵਿੱਚ ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਪਿਛਲੇ 64 ਦਿਨਾਂ ਤੋਂ ਲਾਪਤਾ ਹਨ ਅਤੇ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ।
2021 ‘ਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਬਿਊਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਸੀ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 2015 ਦੇ ਡਰੱਗ ਮਾਮਲੇ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਐਨ.ਡੀ.ਪੀ.ਐਸ ਤਹਿਤ ਦਰਜ ਕੀਤੇ ਗਏ ਮਾਮਲੇ ਵਿੱਚ ਕੀਤੀ ਗਈ ਹੈ। ਉਧਰ, ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।